17/11/2023
ਸਰਕਾਰ-ਏ-ਖ਼ਾਲਸਾ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ’ਤੇ ਵਿਸ਼ੇਸ਼
ਮਹਾਬਲੀ ਰਣਜੀਤ ਸਿੰਘ ਹੋਇਆ ਪੈਦਾ,
ਨਾਲ ਜ਼ੋਰ ਦੇ ਮੁਲਕ ਹਿਲਾਇ ਗਿਆ।
ਮੁਲਤਾਨ, ਕਸ਼ਮੀਰ, ਪਸ਼ੌਰ, ਚੰਬਾ,
ਜੰਮੂ, ਕਾਂਗੜਾ ਕੋਟ ਨਿਵਾਇ ਗਿਆ।
ਹੋਰ ਦੇਸ਼ ਲੱਦਾਖ ਤੇ ਚੀਨ ਤੋੜੀ,
ਸਿੱਕਾ ਆਪਣੇ ਨਾਮ ਚਲਾਇ ਗਿਆ।
ਸ਼ਾਹ ਮੁਹੰਮਦਾ ਜਾਣ ਪਚਾਸ ਬਰਸਾਂ
ਅੱਛਾ ਰੱਜ ਕੇ ਰਾਜ ਕਮਾਇ ਗਿਆ।
ਸ਼ਾਹ ਮੁਹੰਮਦ ਦੀਆਂ ਇਹ ਲਾਈਨਾਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬਾਰੇ ਬਹੁਤ ਢੁਕਵੀਆਂ ਹਨ ਅਤੇ ਉਸਦੇ ਰਾਜ ਦੀ ਸ਼ਾਨ ਨੂੰ ਬਿਆਨ ਕਰਦੀਆਂ ਹਨ।
13 ਨਵੰਬਰ 1780 ਨੂੰ ਗੁਜ਼ਰਾਂਵਾਲਾ ਵਿਖੇ ਸ਼ੁਕਰਚੱਕੀਆ ਮਿਸਲ ਦੇ ਸਰਦਾਰ ਮਹਾਂ ਸਿੰਘ ਦੇ ਘਰ ਪੈਦਾ ਹੋਏ ਰਣਜੀਤ ਸਿੰਘ ਨੇ ਇਤਿਹਾਸ ਵਿੱਚ ਉਹ ਮੁਕਾਮ ਹਾਸਲ ਕੀਤਾ ਹੈ ਜੋ ਬਹੁਤ ਥੋੜਿਆਂ ਨੂੰ ਨਸੀਬ ਹੁੰਦਾ ਹੈ। ਪੰਜਾਬੀ ਚਾਹੇ ਕਿਸੇ ਵੀ ਧਰਮ ਨਾਲ ਤਾਲੁਕ ਰੱਖਦੇ ਹੋਣ ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਉੱਪਰ ਫ਼ਖ਼ਰ ਕਰਦੇ ਹਨ ਅਤੇ ਕਰਦੇ ਰਹਿਣਗੇ। ਰਣਜੀਤ ਸਿੰਘ ਦੇ ਹਲੀਮੀ ਰਾਜ ਦੀਆਂ ਉਦਾਹਰਨਾਂ ਪੂਰੀ ਦੁਨੀਆਂ ਵਿੱਚ ਦਿੱਤੀਆਂ ਜਾਂਦੀਆਂ ਹਨ ਅਤੇ ਇਹੀ ਕਾਰਨ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਦੁਨੀਆਂ ਦਾ ਸਭ ਤੋਂ ਵਧੀਆ ਸਾਸ਼ਕ ਐਲਾਨਿਆ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ ਅਤੇ ਉਨ੍ਹਾਂ ਦਾ ਰਾਜ ਏਨਾਂ ਹਰਮਨ-ਪਿਆਰਾ ਕਿਉਂ ਸੀ ਉਹ ਮਹਾਰਾਜਾ ਰਣਜੀਤ ਸਿੰਘ ਦੀ ਜ਼ੁਬਾਨੀ ਹੀ ਜਾਣਿਆ ਜਾ ਸਕਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ 5 ਮਈ 1830 ਨੂੰ ਇੱਕ ਪੱਤਰ ਰਾਹੀਂ ਮੇਜਰ ਲਾਰੰਸ (ਜਿਸਨੇ ਇੱਕ ਨਵੀਂ ਖ਼ਾਲਸਾ ਰੈਜਮੈਂਟ ਦਾ ਚਾਰਜ ਲਿਆ ਸੀ) ਨੂੰ ਆਪਣੀਆਂ ਸਫਲਤਾਵਾਂ ਤੇ ਪ੍ਰਾਪਤੀਆਂ ਦਾ ਸਾਰ ਹੇਠ ਲਿਖੇ ਸ਼ਬਦਾਂ ਵਿੱਚ ਲਿਖਿਆ ਸੀ, ਜੋ ਉਸਦੇ ਚਰਿਤਰ ਦਾ ਸ਼ੀਸ਼ਾ ਹੈ।
ਮਹਾਰਾਜਾ ਰਣਜੀਤ ਸਿੰਘ ਪੱਤਰ ਵਿੱਚ ਲਿਖਦੇ ਹਨ ਕਿ “ਮੇਰੀ ਬਾਦਸ਼ਾਹੀ ਇੱਕ ਮਹਾਨ ਬਾਦਸ਼ਾਹੀ ਹੈ, ਪਹਿਲਾਂ ਇਹ ਨਿੱਕੀ ਜਿਹੀ ਸੀ, ਹੁਣ ਇਹ ਵੱਡੀ ਤੇ ਵਿਸ਼ਾਲ ਹੈ, ਪਹਿਲਾਂ ਇਹ ਛਿੰਨ-ਭਿੰਨ, ਟੁੱਟੀ-ਭੱਜੀ ਤੇ ਵੰਡੀ ਵਿਹਾਜੀ ਹੋਈ ਸੀ, ਹੁਣ ਇਹ ਬਿਲਕੁਲ ਸੰਗਠਿਤ ਹੈ। ਇਸ ਨੂੰ ਹੋਰ ਉੱਨਤ ਤੇ ਪ੍ਰਫੂੱਲਤ ਹੋਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਰਸੇ ਵਿੱਚ ਇਸੇ ਤਰ੍ਹਾਂ ਸੰਪੂਰਨ ਤੇ ਸੰਗਠਿਤ ਰੂਪ ਵਿੱਚ ਮਿਲਣੀ ਚਾਹੀਦੀ ਹੈ। ਤੈਮੂਰ ਦੇ ਸਿਧਾਂਤਾਂ ਤੇ ਨੇਮਾਂ ਨੇ ਮੇਰੀ ਅਗਵਾਈ ਕੀਤੀ ਹੈ, ਜਿਵੇਂ ਉਹ ਐਲਾਨ ਕਰਦਾ ਸੀ ਤੇ ਹੁਕਮ ਦਿੰਦਾ ਸੀ, ਮੈਂ ਵੀ ਉਵੇਂ ਹੀ ਕੀਤਾ ਹੈ। ਮੈਂ ਇਹ ਰਾਜ-ਭਾਗ ਵਾਹਿਗੁਰੂ ਦੀ ਮਿਹਰ ਤੇ ਉਸਦੇ ਬਖਸ਼ੇ ਹੋਏ ਬਲ ਤੇ ਬੁੱਧੀ ਰਾਹੀਂ ਫ਼ਤਹਿ ਕੀਤਾ ਹੈ। ਮੈਂ ਆਪਣੀ ਹਕੂਮਤ ਨੂੰ ਉਦਾਰਤਾ, ਜ਼ਬਤ ਤੇ ਨੀਤੀ ਨਾਲ ਬਕਾਇਦਾ ਤੇ ਸੰਗਠਿਤ ਬਣਾਇਆ ਹੈ। ਮੈਂ ਦਲੇਰ ਲੋਕਾਂ ਨੂੰ ਇਨਾਮ ਦਿੱਤੇ ਹਨ, ਯੋਗਤਾ ਨੂੰ ਜਿਥੇ ਤੇ ਜਦੋਂ ਵੀ ਉਹ ਨਜ਼ਰ ਆਈ ਹੈ, ਉਤਸ਼ਾਹਤ ਕੀਤਾ ਹੈ ਅਤੇ ਰਣਭੂਮੀ ਵਿੱਚ ਸੂਰਬੀਰਾਂ ਨੂੰ ਵਡਿਆਇਆ ਹੈ। ਮੈਂ ਸਭ ਖਤਰਿਆਂ ਤੇ ਥਕੇਵਿਆਂ ਵਿੱਚ ਆਪਣੀ ਫੌਜ ਦੇ ਅੰਗ-ਸੰਗ ਰਿਹਾ ਹਾਂ। ਮੈਂ ਪੱਖਪਾਤੀ ਰੁਚੀ ਨੂੰ ਨਾ ਮੰਤਰੀ ਮੰਡਲ ਵਿੱਚ ਤੇ ਨਾ ਹੀ ਕਦੇ ਰਣਭੂਮੀ ਵਿੱਚ ਆਪਣੇ ਹਿਰਦੇ ਅੰਦਰ ਦਾਖਲ ਹੋਣ ਦਿੱਤਾ ਹੈ। ਮੈਂ ਆਪਣੀ ਸੁੱਖ-ਸੁਵਿਧਾ ਵਲੋਂ ਸਦਾ ਬੇਧਿਆਨਾ ਰਿਹਾ ਹਾਂ ਤੇ ਸ਼ਹਿਨਸ਼ਾਹੀ ਖਿੱਲਅਤ ਪਹਿਨਣ ਦੇ ਨਾਲ-ਨਾਲ ਮੈਂ ਲੋਕਾਂ ਲਈ ਚਿੰਤਾ ਤੇ ਖਬਰਦਾਰੀ ਦਾ ਵੇਸ ਹੁਸ਼ਿਆਰੀ ਨਾਲ ਪਹਿਨਿਆ ਹੈ। ਮੈਂ ਫਕੀਰਾਂ ਤੇ ਧਰਮੀ ਪੁਰਸ਼ਾਂ ਦੀ ਸੇਵਾ ਕਰਦਾ ਰਿਹਾ ਹਾਂ ਅਤੇ ਉਨ੍ਹਾਂ ਦੀਆਂ ਅਸੀਸਾਂ ਪ੍ਰਾਪਤ ਕਰਦਾ ਰਿਹਾ ਹਾਂ। ਮੈਂ ਦੋਸ਼ੀਆਂ ਨੂੰ ਵੀ ਨਿਰਦੋਸ਼ਾਂ ਵਾਂਗ ਹੀ ਬਖਸ਼ ਦਿੰਦਾ ਰਿਹਾ ਹਾਂ ਅਤੇ ਜਿਹੜੇ ਬੰਦਿਆਂ ਨੇ ਮੇਰੀ ਜ਼ਾਤ ਵਿਰੁੱਧ ਵੀ ਹੱਥ ਉਠਾਇਆ ਹੈ, ਉਨ੍ਹਾਂ ਉੱਪਰ ਵੀ ਮੈਂ ਦਇਆ ਕੀਤੀ ਹੈ। ਸ੍ਰੀ ਅਕਾਲ ਪੁਰਖ ਜੀ ਆਪਣੇ ਸੇਵਕ ਉਤੇ ਇਸੇ ਲਈ ਦਿਆਲੂ ਰਹੇ ਹਨ ਤੇ ਉਸਦੀ ਰਾਜ ਸ਼ਕਤੀ ਵਿੱਚ ਵਾਧਾ ਕਰਦੇ ਰਹੇ ਹਨ। ਇਥੋਂ ਤੱਕ ਕਿ ਉਸ ਦੇ ਰਾਜ ਦਾ ਵਿਸਤਾਰ ਹੁਣ ਚੀਨ ਤੇ ਅਫ਼ਗਾਨਿਸਤਾਨ ਦੀਆਂ ਸਰਹੱਦਾਂ ਤੱਕ ਹੋ ਗਿਆ ਹੈ ਤੇ ਇਸ ਵਿੱਚ ਸਤਲੁਜੋਂ ਪਾਰ ਦੀਆਂ ਉਪਜਾਊ ਬਸਤੀਆਂ ਵੀ ਸ਼ਾਮਿਲ ਹਨ”।
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੱਲੋਂ ਲਿਖੇ ਪੱਤਰ ਦਾ ਇੱਕ-ਇੱਕ ਸ਼ਬਦ ਉਨ੍ਹਾਂ ਦੀ ਅਤੇ ਖਾਲਸਾ ਰਾਜ ਦੀ ਮਹਾਨਤਾ ਨੂੰ ਦਰਸਾਉਂਦਾ ਹੈ। ਮੇਜਰ ਲਾਰੰਸ ਨੇ ਖੁਦ ਇਸ ਪੱਤਰ ਬਾਬਤ ਲਿਖਿਆ ਸੀ ਕਿ “ਇਹ ਕੇਵਲ ਪੱਤਰ ਨਹੀਂ, ਇਹ ਮਹਾਰਾਜੇ ਦੇ ਆਪਣੇ ਚਰਿੱਤਰ ਦਾ ਇੱਕ ਸ਼ੀਸ਼ਾ ਹੈ, ਜਿਸ ਵਿੱਚ ਰਣਜੀਤ ਸਿੰਘ ਦਾ ਆਪਣੇ ਆਪ ਬਾਬਤ ਦਿੱਤਾ ਹੋਇਆ ਇਹ ਬਿਆਨ ਇੱਕ ਮਹੱਤਵਪੂਰਨ ਨਿਰਣਾ ਹੈ ਜੋ ਕਿ ਇਤਿਹਾਸਕ ਤੇ ਯਾਦਗਾਰੀ ਪੱਤਰ ਬਣ ਕੇ ਰਹਿ ਗਿਆ ਹੈ”।
ਸਮੂਹ ਪੰਜਾਬ ਹਮੇਸ਼ਾਂ ਆਪਣੇ ਮਹਾਨ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਅਤੇ ਉਸਦੇ ਹਲੀਮੀ ਰਾਮ ਉੱਪਰ ਹਮੇਸ਼ਾਂ ਮਾਣ ਕਰਦੇ ਰਹਿਣਗੇ।ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਦੀਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ।
Copy
- ਇੰਦਰਜੀਤ ਸਿੰਘ ਹਰਪੁਰਾ,
ਬਟਾਲਾ।
98155-77574