09/06/2025
ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਦੀ ਲਵਾਈ ਨ ਕੀਤੀ ਜਾਵੇ : ਡਿਪਟੀ ਕਮਿਸ਼ਨਰ
ਝੋਨੇ ਦੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਖਰੀਦ ਨਹੀਂ ਕੀਤੀ ਜਾਵੇਗੀ
ਗੁਰਦਾਸਪੁਰ, 09 ਮਈ 2025 ( ) - ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫਾਰਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ, ਭੰਡਾਰਨ ਅਤੇ ਲਵਾਈ ਕਰਨ ਤੇ ਲਗਾਈ ਪਾਬੰਦੀ ਨੂੰ ਲਾਗੂ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪਾਣੀ ਕੁਦਰਤ ਵਲੋਂ ਬਖਸ਼ੀ ਅਜਿਹੀ ਬੇਸ਼ਕੀਮਤੀ ਸੌਗਾਤ ਹੈ ਜਿਸ ਦੇ ਬਗੈਰ ਕਿਸੇ ਵੀ ਜੀਵ ਦਾ ਜੀਵਤ ਰਹਿਣਾ ਮੁਸ਼ਕਲ ਹੋ ਜਾਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਖੇਤੀ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਇਸ ਗਿਰਾਵਟ ਨੁੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਪੱਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44 ਕਿਸਮਾਂ ਦੀ ਲਵਾਈ ਕਰਨ `ਤੇ ਪਾਬੰਦੀ ਲਗਾਈ ਹੈ। ਉਨਾਂ ਦੱਸਿਆ ਕਿ ਇਨਾਂ ਕਿਸਮਾਂ ਤੋਂ ਇਲਾਵਾ ਝੋਨੇ ਦੀਆਂ ਦੋਗਲੀਆਂ ਕਿਸਮਾਂ ਦੀ ਬਿਜਾਈ `ਤੇ ਵੀ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨਾਂ ਕਿਹਾ ਕਿ ਇਨਾਂ ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਰੋਕਣ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ `ਤੇ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸੇ ਵੀ ਬੀਜ ਵਿਕਰੇਤਾ ਵਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਨਹੀਂ ਵੇਚੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਭਵਿਖ ਵਿਚ ਪੇਸ਼ ਆਉਣ ਵਾਲੀਆਂ ਸੰਭਾਵਤ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਕਿਸਮਾਂ ਦੀ ਲਵਾਈ ਨਾ ਕਰਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਫੈਸਲੇ ਅਨੁਸਾਰ ਇਨ੍ਹਾਂ ਕਿਸਮਾਂ ਦੀ ਖਰੀਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੁੰ ਅਪੀਲ ਕੀਤੀ ਕਿ ਇਸ ਵਾਰ ਪਾਬੰਦੀਸ਼ੁਦਾ ਕਿਸਮਾਂ ਦੀ ਲਵਾਈ ਬਿਲਕੁਲ ਨਾ ਕਰਨ ਤਾਂ ਜੋ ਮੰਡੀਆਂ ਵਿਚ ਝੋਨੇ ਦੇ ਮੰਡੀਕਰਨ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਇਨਾਂ ਪਾਬੰਦੀਸ਼ੁਦਾ ਕਿਸਮਾਂ ਤੋਂ ਪਰਾਲੀ ਵੱਧ ਪੈਦਾ ਹੁੰਦੀ ਅਤੇ ਕਿਸਾਨਾਂ ਵਲੋਂ ਆਮ ਕਰਕੇ ਪਰਾਲੀ ਨੁੰ ਖੇਤਾਂ ਵਿਚ ਸੰਭਾਲਣ ਦੀ ਬਿਜਾਏ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ ਦਾ ਪ੍ਰਦੂਸ਼ਣ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਈਬ੍ਰਿਡ ਕਿਸਮਾਂ ਦੀ ਮੰਡੀਕਰਨ ਵਿਚ ਆਉਂਦੀ ਸਮੱਸਿਆ ਤੋਂ ਇਲਾਵਾ ਇਹ ਕਿਸਮਾਂ ਡਿੱਗਦੀਆਂ ਬਹੁਤ ਹਨ, ਕਾਲਾ ਤੇਲਾ ਅਤੇ ਝੂਠੀ ਕਾਂਗਿਆਰੀ ਵੀ ਵਧੇਰੇ ਲਗਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਗਲਤੀ ਨਾਲ ਇਨਾਂ ਪਾਬੰਦੀ ਸ਼ੁਦਾ ਕਿਸਮਾਂ ਦੀ ਪਨੀਰੀ ਦੀ ਬਿਜਾਈ ਕੀਤੀ ਹੈ ਤਾਂ ਉਸ ਦੀ ਲਵਾਈ ਬਿਲਕੁੱਲ ਨਾ ਕਰਨ। ਉਨ੍ਹਾਂ ਕਿਹਾ ਕਿ ਪੀ.ਆਰ. 126 ਦੀ ਪਨੀਰੀ ਦੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ 15 ਜੁਲਾਈ ਤੋਂ ਪਹਿਲਾਂ ਤੱਕ ਲਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਵਾਨਿਤ ਪੀ.ਆਰ. 126, 127, 128, 129, 130 ਅਤੇ 132 ਕਿਸਮਾਂ ਦੀ ਲਵਾਈ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਇਹ ਕਿਸਮਾਂ ਪਾਣੀ ਦੀ ਬੱਚਤ ਲਈ ਵਧੇਰੇ ਕਾਰਗਰ ਹਨ। ਉਨ੍ਹਾ ਕਿਹਾ ਕਿ ਇਸ ਵਾਰ ਸ਼ੈਲਰ ਮਾਲਕਾਂ ਨੇ ਵੀ ਕਿਹਾ ਹੈ ਕਿ ਪੀ.ਆਰ. 126 ਝੋਨੇ ਦੀ ਕਿਸਮ ਤੋਂ ਕੋਈ ਦਿੱਕਤ ਨਹੀਂ ਹੈ ਅਤੇ ਇਸ ਕਿਸਮ ਦੀ ਖ਼ਰੀਦ ਆਮ ਕਿਸਮਾਂ ਵਾਂਗ ਹੀ ਹੋਵੇਗੀ।